ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਅੰਮ੍ਰਿਤਸਰ ਦੇ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਮੈਡਮ ਪੱਲਵੀ ਮਿਸ਼ਰਾ ਨੇ ਮਾਣਯੋਗ ਸੁਪਰੀਮ ਕੋਰਟ ਵੱਲੋਂ ਜਾਰੀ ਹੁਕਮਾਂ ਤਹਿਤ ਤਿਉਹਾਰਾਂ ਦੇ ਦਿਨਾਂ ਵਿੱਚ ਪਟਾਕੇ ਚਲਾਉਣ ਲਈ ਦਿਸ਼ਾ ਨਿਰਦੇਸ਼ ਜਾਰੀ ਕੀਤੇ ਹਨ। ਇਸ ਤਹਿਤ ਦੀਵਾਲੀ ਤੇ ਗੁਰਪੁਰਬ ਦੇ ਮੌਕੇ ਪਟਾਕਿਆਂ ਦੀ ਵਿਕਰੀ ਲਈ ਜ਼ਿਲ੍ਹੇ ਅੰਦਰ ਜਾਰੀ ਕੀਤੇ ਜਾਣ ਵਾਲੇ ਆਰਜ਼ੀ ਲਾਇਸੰਸ ਅਤੇ ਇਸ ਤੋਂ ਬਿਨ੍ਹਾਂ ਮਾਣਯੋਗ ਹਾਈ ਕੋਰਟ ਦੇ ਦਿਸ਼ਾ ਨਿਰਦੇਸ਼ਾਂ ਤਹਿਤ ਜ਼ਿਲ੍ਹੇ ਅੰਦਰ ਦੀਵਾਲੀ, ਭਗਵਾਨ ਵਾਲਮੀਕਿ ਪ੍ਰਗਟ ਦਿਵਸ, ਗੁਰਪੁਰਬ, ਕ੍ਰਿਸਮਿਸ ਤੇ ਨਵੇਂ ਸਾਲ ਵਾਲੇ ਦਿਨ ਪਟਾਕੇ ਚਲਾਉਣ ਲਈ ਸਮਾਂ ਵੀ ਨਿਰਧਾਰਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਨੇ ਦੱਸਿਆ ਕਿ ਪਾਬੰਦੀ ਸ਼ੁਦਾ ਪਟਾਕਿਆਂ ਦੀ ਵਿਕਰੀ ਦੀ ਮਨਾਹੀ ਹੈ ਕੇਵਲ ਗਰੀਨ ਪਟਾਕੇ ਜੋ ਕਿ ਲੀਥੀਅਮ, ਮਰਕਰੀ, ਆਰਸੈਨਿਕ, ਸਿੱਕਾ, ਬੇਰੀਅਮ ਸਾਲਟ ਆਦਿ ਤੋਂ ਬਿਨਾਂ ਬਣੇ ਹੋਣਗੇ, ਉਹ ਹੀ ਵੇਚੇ ਅਤੇ ਚਲਾਏ ਜਾ ਸਕਣਗੇ।
ਉਨ੍ਹਾਂ ਦੱਸਿਆ ਕਿ ਮਾਣਯੋਗ ਸੁਪਰੀਮ ਕੋਰਟ ਵਲੋਂ ਸਿਵਲ ਰਿੱਟ ਪਟੀਸ਼ਨ ਨੰਬਰ 728 ਆਫ਼ 2015 ਵਿੱਚ ਮਿਤੀ 13-10-2018 ਨੂੰ ਦੀਵਾਲੀ, ਗੁਪਰਪੁਰਬ, ਕ੍ਰਿਸਮਿਸ ਅਤੇ ਨਵੇਂ ਸਾਲ ਦੇ ਮੌਕੇ ਪਟਾਕੇ ਚਲਾਉਣ ਲਈ ਦਿੱਤੀ ਗਈ ਛੋਟ ਤਹਿਤ ਨਿਰਧਾਰਤ ਸਮੇਂ ਦੇ ਅੰਦਰ-ਅੰਦਰ ਹੀ ਪਟਾਕੇ ਚਲਾਏ ਜਾਣ।






