Saturday, October 31, 2026
spot_img
HomeLatest Newsਚੋਣ ਕਮਿਸ਼ਨ ’ਤੇ ਡੈਨੀ ਬੰਡਾਲਾ ਦਾ ਹਮਲਾ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ...

ਚੋਣ ਕਮਿਸ਼ਨ ’ਤੇ ਡੈਨੀ ਬੰਡਾਲਾ ਦਾ ਹਮਲਾ, ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਕੀਤੀ ਮੰਗ

ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਚੋਣ ਕਮਿਸ਼ਨ, ਕੇਂਦਰ ਸਰਕਾਰ ਅਤੇ ਪੰਜਾਬ ਦੀ ਆਮ ਆਦਮੀ ਪਾਰਟੀ ਦੀ ਸਰਕਾਰ ’ਤੇ ਤਿੱਖੇ ਹਮਲੇ ਕੀਤੇ। ਉਨ੍ਹਾਂ ਨੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਕਰਦਿਆਂ ਦੋਸ਼ ਲਾਇਆ ਕਿ ਚੋਣ ਕਮਿਸ਼ਨ ਦੀ ਕਾਰਜਪ੍ਰਣਾਲੀ ਕਾਰਨ ਦੇਸ਼ ਦੀ ਲੋਕਤੰਤਰੀ ਵਿਵਸਥਾ ਅਤੇ ਚੋਣ ਪ੍ਰਕਿਰਿਆ ਦੀ ਨਿਰਪੱਖਤਾ ’ਤੇ ਸਵਾਲ ਖੜ੍ਹੇ ਹੋ ਰਹੇ ਹਨ। ਉਨ੍ਹਾਂ ਕਿਹਾ ਕਿ ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਨਿਡਰਤਾ ਨਾਲ ਚੋਣਾਂ ਵਿੱਚ ਧਾਂਦਲੀ ਦੇ ਪੂਰੇ ਮਾਮਲੇ ਨੂੰ ਦੇਸ਼ ਦੇ ਸਾਹਮਣੇ ਉਜਾਗਰ ਕੀਤਾ ਹੈ।

ਅੱਜ ਅੰਮ੍ਰਿਤਸਰ ਦਿਹਾਤੀ ਦਫ਼ਤਰ ਵਿਖੇ ਪ੍ਰੈੱਸ ਕਾਨਫਰੰਸ ਦੌਰਾਨ ਡੈਨੀ ਬੰਡਾਲਾ ਨੇ ਕਿਹਾ ਕਿ ਚੋਣ ਕਮਿਸ਼ਨ ਵਿੱਚ ਨਿਯਮਾਂ ਅਤੇ ਕਾਨੂੰਨਾਂ ਨੂੰ ਛਿੱਕੇ ਟੰਗ ਕੇ ਮਨਮਰਜ਼ੀ ਨਾਲ ਕੰਮ ਕੀਤਾ ਜਾ ਰਿਹਾ ਹੈ। ਕਮਿਸ਼ਨ ਦੀ ਕਾਰਜਪ੍ਰਣਾਲੀ ਕਾਰਨ ਲੋਕਾਂ ਦਾ ਭਰੋਸਾ ਕਮਜ਼ੋਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਦੋਂ ਤੱਕ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਅਸਤੀਫ਼ਾ ਨਹੀਂ ਦਿੰਦੇ ਅਤੇ ਵਿਵਾਦਿਤ ਪ੍ਰਕਿਰਿਆਵਾਂ ਨੂੰ ਰੱਦ ਨਹੀਂ ਕੀਤਾ ਜਾਂਦਾ, ਉਦੋਂ ਤੱਕ ਕਾਂਗਰਸ ਆਪਣਾ ਵਿਰੋਧ ਜਾਰੀ ਰੱਖੇਗੀ। ਇਸੇ ਮੁੱਦੇ ’ਤੇ 1 ਨਵੰਬਰ ਨੂੰ ਦਿੱਲੀ ਵਿੱਚ INDIA ਗਠਜੋੜ ਵੱਲੋਂ ਵਿਸ਼ਾਲ ਰੈਲੀ ਕੀਤੀ ਜਾ ਰਹੀ ਹੈ।

 

ਪੰਜਾਬ ਦੀ ਕਾਨੂੰਨ ਵਿਵਸਥਾ ’ਤੇ ਸਵਾਲ ਉਠਾਉਂਦਿਆਂ ਡੈਨੀ ਬੰਡਾਲਾ ਨੇ ਕਿਹਾ ਕਿ ਸੂਬੇ ਵਿੱਚ ਜੰਗਲ ਰਾਜ ਵਰਗੇ ਹਾਲਾਤ ਬਣ ਚੁੱਕੇ ਹਨ। ਆਏ ਦਿਨ ਕਤਲ, ਗੋਲੀਬਾਰੀ ਅਤੇ ਅਪਰਾਧਿਕ ਘਟਨਾਵਾਂ ਵਾਪਰ ਰਹੀਆਂ ਹਨ। ਹਾਲ ਹੀ ਵਿੱਚ ਮੱਥਾ ਟੇਕਣ ਗਏ ਨੌਜਵਾਨਾਂ ’ਤੇ ਹੋਈ ਗੋਲੀਬਾਰੀ ਦੀ ਘਟਨਾ ਦਾ ਜ਼ਿਕਰ ਕਰਦਿਆਂ ਉਨ੍ਹਾਂ ਕਿਹਾ ਕਿ ਸੂਬੇ ਵਿੱਚ ਪੁਲਿਸ ਅਤੇ ਪ੍ਰਸ਼ਾਸਨ ਦਾ ਅਪਰਾਧੀਆਂ ’ਤੇ ਕੋਈ ਡਰ ਦਿਖਾਈ ਨਹੀਂ ਦੇ ਰਿਹਾ। ਮੁੱਖ ਮੰਤਰੀ ਸਿਰਫ਼ ਆਪਣੀ ਕੁਰਸੀ ’ਤੇ ਬੈਠ ਕੇ ਤਮਾਸ਼ਾ ਦੇਖ ਰਹੇ ਹਨ ਅਤੇ ਸਰਕਾਰ ਅਪਰਾਧਾਂ ’ਤੇ ਕਾਬੂ ਪਾਉਣ ਵਿੱਚ ਪੂਰੀ ਤਰ੍ਹਾਂ ਨਾਕਾਮ ਸਾਬਤ ਹੋਈ ਹੈ।

 

ਆਮ ਆਦਮੀ ਪਾਰਟੀ ਦੀਆਂ ਚੋਣ ਤਿਆਰੀਆਂ ਅਤੇ ਨਵੇਂ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰਨ ਦੀਆਂ ਚਰਚਾਵਾਂ ’ਤੇ ਤਨਜ਼ ਕੱਸਦਿਆਂ ਡੈਨੀ ਬੰਡਾਲਾ ਨੇ ਕਿਹਾ ਕਿ ਪਾਰਟੀ ਭਾਵੇਂ ਪੁਰਾਣੇ ਚਿਹਰਿਆਂ ਨੂੰ ਚੋਣ ਮੈਦਾਨ ਵਿੱਚ ਉਤਾਰੇ ਜਾਂ ਨਵੇਂ ਚਿਹਰਿਆਂ ਨੂੰ, ਪੰਜਾਬ ਦੀ ਜਨਤਾ ਹੁਣ ਉਨ੍ਹਾਂ ਦਾ ਅਸਲੀ ਚਿਹਰਾ ਪਛਾਣ ਚੁੱਕੀ ਹੈ। ਉਨ੍ਹਾਂ ਦਾਅਵਾ ਕੀਤਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਹੁਣ ਕੁਝ ਮਹੀਨਿਆਂ ਦੀ ਮਹਿਮਾਨ ਹੈ ਅਤੇ ਆਉਣ ਵਾਲੀਆਂ ਚੋਣਾਂ ਵਿੱਚ ਜਨਤਾ ਉਸ ਨੂੰ ਸੱਤਾ ਤੋਂ ਬਾਹਰ ਕਰ ਦੇਵੇਗੀ।

 

ਕਾਂਗਰਸ ਛੱਡ ਕੇ ਗਏ ਆਗੂਆਂ ਦੀ ਘਰ ਵਾਪਸੀ ਬਾਰੇ ਪੁੱਛੇ ਗਏ ਸਵਾਲ ’ਤੇ ਡੈਨੀ ਬੰਡਾਲਾ ਨੇ ਕਿਹਾ ਕਿ ਕਾਂਗਰਸ ਇੱਕ ਵੱਡਾ ਪਰਿਵਾਰ ਹੈ। ਜਿਹੜੇ ਵੀ ਆਗੂ ਪਾਰਟੀ ਦੀ ਵਿਚਾਰਧਾਰਾ ਨਾਲ ਵਾਪਸ ਆਉਣਾ ਚਾਹੁੰਦੇ ਹਨ, ਉਨ੍ਹਾਂ ਦਾ ਪਾਰਟੀ ਵਿੱਚ ਸਵਾਗਤ ਹੈ। ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਅਤੇ ਭਾਜਪਾ ਆਗੂ ਸੁਨੀਲ ਜਾਖੜ ਦੀ ਵਾਪਸੀ ਸਬੰਧੀ ਉਨ੍ਹਾਂ ਕਿਹਾ ਕਿ ਇਨ੍ਹਾਂ ਸੀਨੀਅਰ ਆਗੂਆਂ ਬਾਰੇ ਫੈਸਲਾ ਲੈਣਾ ਪਾਰਟੀ ਹਾਈਕਮਾਂਡ ਦਾ ਅਧਿਕਾਰ ਹੈ। ਹਾਈਕਮਾਂਡ ਜੋ ਵੀ ਫੈਸਲਾ ਕਰੇਗੀ, ਉਹ ਸਾਰਿਆਂ ਨੂੰ ਮਨਜ਼ੂਰ ਹੋਵੇਗਾ।

 

ਫਤਿਹਜੰਗ ਸਿੰਘ ਬਾਜਵਾ ਬਾਰੇ ਪੁੱਛੇ ਗਏ ਸਵਾਲ ’ਤੇ ਉਨ੍ਹਾਂ ਕਿਹਾ ਕਿ ਇਸ ਸਬੰਧੀ ਪੰਜਾਬ ਵਿਧਾਨ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਬਿਹਤਰ ਜਾਣਕਾਰੀ ਦੇ ਸਕਦੇ ਹਨ। ਇਹ ਉਨ੍ਹਾਂ ਦਾ ਪਰਿਵਾਰਕ ਮਾਮਲਾ ਵੀ ਹੈ। ਹਾਲਾਂਕਿ ਪਾਰਟੀ ਪੱਧਰ ’ਤੇ ਕਿਸੇ ਪ੍ਰਤੀ ਵੀ ਕੋਈ ਮਾੜੀ ਭਾਵਨਾ ਨਹੀਂ ਹੈ।

RELATED ARTICLES

LEAVE A REPLY

Please enter your comment!
Please enter your name here

- Advertisment -spot_imgspot_imgspot_imgspot_img
- Advertisment -spot_img
- Advertisment -spot_img

Most Popular

Recent Comments