ਜੰਡਿਆਲਾ ਗੁਰੂ (ਵਰਿੰਦਰ ਸਿੰਘ ਮਲਹੋਤਰਾ) ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦਾ ਸਿਆਸੀ ਅਖਾੜਾ ਪੂਰੀ ਤਰਾਂ ਭੱਖ ਚੁੱਕਾ ਹੈ । ਵੱਖ ਵੱਖ ਪਾਰਟੀਆਂ ਦੇ ਵਰਕਰਾਂ ਅਤੇ ਆਗੂਆਂ ਦੀ ਸਿਆਸੀ ਰੁੱਤ ਬਦਲਣ ਦੀ ਸ਼ੁਰੂ ਹੋ ਗਈ ਹੈ । ਇੱਕ ਪਾਸੇ ਮੌਜੂਦਾ ਵਿਧਾਇਕ ਅਤੇ ਕੈਬਨਟ ਮੰਤਰੀ ਹਰਭਜਨ ਸਿੰਘ ਈਟੀਓ ਵੱਲੋਂ ਵਿਰੋਧੀ ਪਾਰਟੀ ਦੇ ਵਰਕਰਾਂ ਅਤੇ ਆਗੂਆਂ ਦੀ ਆਮ ਆਦਮੀ ਪਾਰਟੀ ਵਿੱਚ ਸ਼ਮੂਲੀਅਤ ਕੀਤੀ ਜਾ ਰਹੀ ਹੈ ਉੱਥੇ ਹੀ ਦੂਸਰੇ ਪਾਸੇ ਮੁੱਖ ਵਿਰੋਧੀ ਦਿਖਾਈ ਦੇ ਰਹੇ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਕਾਰਜਕਾਰੀ ਪ੍ਰਧਾਨ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਵੱਲੋਂ ਵੀ ਵਿਰੋਧੀ ਪਾਰਟੀ ਦੇ ਆਗੂਆਂ ਦਾ ਕਾਂਗਰਸ ਪਾਰਟੀ ਵਿੱਚ ਸਵਾਗਤ ਕੀਤਾ ਜਾ ਰਿਹਾ ਹੈ।

ਇਸੇ ਲੜੀ ਦੇ ਤਹਿਤ ਪਿੰਡ ਰੋਮਾਣਾ ਚੱਕ ਦੀ ਮੌਜੂਦਾ ਆਪ ਮੈਂਬਰ ਬੀਬੀ ਬਚਨ ਕੌਰ ਨੇ ਸਮੁੱਚੇ ਪਰਿਵਾਰ ਤੇ ਆਪਣੇ ਸਾਥੀਆਂ ਸਮੇਤ ਕਾਂਗਰਸ ਪਾਰਟੀ ਦਾ ਪੱਲਾ ਫੜ ਲਿਆ ਹੈ। ਇਸ ਮੌਕੇ ਕਾਂਗਰਸ ਦੇ ਸੀਨੀਅਰ ਆਗੂ ਸੁਖਵਿੰਦਰ ਸਿੰਘ ਡੈਨੀ ਬੰਡਾਲਾ ਨੇ ਉਨ੍ਹਾਂ ਦਾ ਸਿਰੋਪਾਓ ਪਾ ਕੇ ਨਿੱਘਾ ਸਵਾਗਤ ਕੀਤਾ। ਡੈਨੀ ਬੰਡਾਲਾ ਨੇ ਕਿਹਾ ਕਿ ਬੀਬੀ ਬਚਨ ਕੌਰ ਦੇ ਆਉਣ ਨਾਲ ਪਿੰਡ ‘ਚ ਕਾਂਗਰਸ ਹੋਰ ਮਜ਼ਬੂਤ ਹੋਵੇਗੀ।
ਇਸ ਮੌਕੇ ਡੈਨੀ ਬੰਡਾਲਾ ਨੇ ਕਿਹਾ ਕਿ ਆਪ ਸਰਕਾਰ ਨੇ ਪੰਜਾਬ ਦੇ ਲੋਕਾਂ ਨਾਲ ਧੋਖਾ ਕੀਤਾ ਹੈ। ਪਿੰਡਾਂ ‘ਚ ਵਿਕਾਸ ਦਾ ਕੰਮ ਠੱਪ ਪਿਆ ਹੈ । ਹਲਕੇ ਵਿੱਚ ਸ਼ਰੇਆਮ ਲੁੱਟਾਂ-ਖੋਹਾਂ, ਫ਼ਿਰੌਤੀਆਂ, ਕਤਲੇਆਮ ਦਾ ਬੋਲਬਾਲਾ ਚੱਲ ਰਿਹਾ ਹੈ । ਨੌਜਵਾਨ ਬੇਰੁਜ਼ਗਾਰ ਫਿਰ ਰਹੇ ਹਨ ਅਤੇ ਨਸ਼ੇ ਦੀ ਦਲਦਲ ਵਿਚ ਧੱਕਦੇ ਜਾ ਰਹੇ ਹਨ । ਸਰਕਾਰ ਦਾ ਯੁੱਧ ਨਸ਼ਿਆਂ ਵਿਰੁੱਧ ਪੂਰੀ ਤਰਾਂ ਫਲਾਪ ਹੋ ਚੁੱਕਾ ਹੈ ਅਤੇ ਇਹ ਸਿਰਫ ਇੱਕ ਡਰਾਮੇਬਾਜ਼ੀ ਕੀਤੀ ਜਾ ਰਹੀ ਸੀ । ਪੰਜਾਬ ਵਿੱਚ ਮੌਜੂਦਾ ਸਰਕਾਰ ਸਿਰਫ ਇਸ਼ਤਿਹਾਰਬਾਜ਼ੀ ਵਿੱਚ ਹੀ ਦਿਖਾਈ ਦੇ ਰਹੀ ਹੈ ਜਦੋਂ ਕਿ ਲੋਕਾਂ ਦੇ ਮਨਾਂ ਵਿੱਚੋਂ ਉਤਰ ਚੁੱਕੀ ਹੈ ।






