ਕਿਸਾਨ ਮੁੜ ਅੰਦੋਲਨ ਦੇ ਰਾਹ ‘ਤੇ, ਲਖੀਮਪੁਰ ਖੇੜੀ ‘ਚ ਕੇਂਦਰ ਖਿਲਾਫ ਚਲੇਗਾ 75 ਘੰਟੇ ਤਕ ਧਰਨਾ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਯੂਪੀ ਦੇ ਲੱਖੀਮਪੁਰ ਖੇੜੀ ਅੰਦਰ ਕੇਂਦਰ ਸਰਕਾਰ ਖਿਲਾਫ ਸੰਯੁਕਤ ਕਿਸਾਨ ਮੋਰਚਾ ਦਾ 75 ਘੰਟੇ ਦਾ ਧਰਨਾ ਸਵੇਰੇ ਸ਼ੁਰੂ ਹੋ ਗਿਆ ਹੈ ਜਿਸ ਨੂੰ ਦੇਖਦਿਆਂ ਧਰਨੇ ਦੇ ਚਾਰੇ ਪਾਸੇ ਵੱਡੀ ਗਿਣਤੀ ਅੰਦਰ ਪੁਲਿਸ ਫੋਰਸ ਤਾਇਨਾਤ ਕੀਤੀ ਗਈ ਹੈ। ਕਿਸਾਨ ਆਗੂਆਂ ਦੇ ਮੰਚ ‘ਤੇ ਪੰਜਾਬ ਦੇ ਵੱਖ-ਵੱਖ ਕਿਸਾਨ ਆਗੂ, ਬੀਕੇਯੂ ਆਗੂ ਰਾਕੇਸ਼ ਟਿਕੈਤ ਅਤੇ ਮੇਧਾ ਪਾਟੇਕਰ ਅਤੇ ਹੋਰ ਵੱਡੀ ਗਿਣਤੀ ਵਿਚ ਕਿਸਾਨ ਨੇਤਾ ਉੱਥੇ ਪਹੁੰਚੇ ਹਨ । ਇਸ ਧਰਨੇ ਵਿੱਚ ਸ਼ਾਮਲ ਹੋਣ ਲਈ ਪੰਜਾਬ ਤੋਂ ਹਜ਼ਾਰਾਂ ਕਿਸਾਨ ਬੁੱਧਵਾਰ ਨੂੰ ਉੱਤਰ ਪ੍ਰਦੇਸ਼ ਦੇ ਲਖੀਮਪੁਰ ਖੇੜੀ ਪੁੱਜੇ ਹਨ। ਸੰਯੁਕਤ ਕਿਸਾਨ ਮੋਰਚਾ (ਐਸਕੇਐਮ) ਨੇ ਲਖੀਮਪੁਰ ਖੇੜੀ ਹਿੰਸਾ ਮਾਮਲੇ ਵਿੱਚ ਇਨਸਾਫ਼ ਦੀ ਮੰਗ ਨੂੰ ਲੈ ਕੇ 18 ਤੋਂ 21 ਅਗਸਤ ਤੱਕ ਧਰਨਾ ਦੇਣ ਦਾ ਫੈਸਲਾ ਕੀਤਾ ਹੈ।
ਇਸ ਮੌਕੇ ਇਕੱਠ ਨੂੰ ਸੰਬੋਧਨ ਕਰਦਿਆਂ ਰਾਕੇਸ਼ ਟਿਕੈਤ ਨੇ ਮੰਗ ਕੀਤੀ ਕਿ ਕੇਂਦਰੀ ਮੰਤਰੀ ਅਜੈ ਮਿਸ਼ਰਾ ਟੇਨੀ ਨੂੰ ਟਿਕੂਨੀਆ ਕਾਂਡ ਵਿੱਚ ਚਾਰ ਕਿਸਾਨਾਂ ਅਤੇ ਇੱਕ ਪੱਤਰਕਾਰ ਦੇ ਕਤਲ ਦੇ ਦੋਸ਼ ਵਿੱਚ ਕੇਸ ਦਰਜ ਕਰਕੇ ਉਨ੍ਹਾਂ ਨੂੰ ਮੰਤਰੀ ਮੰਡਲ ਵਿੱਚੋਂ ਬਰਖਾਸਤ ਕੀਤਾ ਜਾਵੇ। ਸੰਯੁਕਤ ਕਿਸਾਨ ਮੋਰਚਾ ਦੇ ਧਰਨੇ ਵਿੱਚ ਪਹੁੰਚੇ ਬੀਕੇਯੂ ਦੇ ਕੌਮੀ ਬੁਲਾਰੇ ਰਾਕੇਸ਼ ਟਿਕੈਤ ਨੇ ਕੇਂਦਰ ਸਰਕਾਰ ਅੱਗੇ ਹੇਠ ਲਿਖੀਆਂ ਮੰਗਾਂ ਰੱਖੀਆਂ।
ਲਖੀਮਪੁਰ ਖੇੜੀ ਜ਼ਿਲੇ ਦੇ ਟਿਕੁਨੀਆ ‘ਚ ਚਾਰ ਕਿਸਾਨਾਂ ਅਤੇ ਇਕ ਪੱਤਰਕਾਰ ਨੂੰ ਮਾਰਨ ਦੀ ਸਾਜ਼ਿਸ਼ ਰਚਣ ਦੇ ਦੋਸ਼ ‘ਚ ਗ੍ਰਹਿ ਰਾਜ ਮੰਤਰੀ ਅਜੇ ਮਿਸ਼ਰਾ ਟੈਣੀ ਨੂੰ ਕੈਬਨਿਟ ‘ਚੋਂ ਬਰਖਾਸਤ ਕਰਕੇ ਗ੍ਰਿਫਤਾਰ ਕਰ ਕੇ ਜੇਲ ਭੇਜਿਆ ਜਾਵੇ।

