ਐੱਸ.ਵਾਈ.ਐੱਲ ਮੁੱਦਾ ਪੰਜਾਬ-ਹਰਿਆਣਾ ਗੱਲਬਾਤ ਰਾਹੀਂ ਹੱਲ ਕਰੇ: ਸੁਪਰੀਮ ਕੋਰਟ

ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਸੁਪਰੀਮ ਕੋਰਟ ਨੇ ਐੱਸ.ਵਾਈ.ਐੱਲ ਮੁੱਦੇ ਤੇ ਸੁਣਵਾਈ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੂੰ ਸਤਲੁਜ ਯਮੁਨਾ ਲਿੰਕ (ਐੱਸ.ਵਾਈ.ਐੱਲ.) ਨੂੰ ਲੈ ਕੇ ਚਲ ਰਹੇ ਵਿਵਾਦ ਨੂੰ ਗੱਲਬਾਤ ਰਾਹੀਂ ਸੁਲਝਾਉਣ ਲਈ ਦੋਵਾਂ ਨੂੰ ਮਿਲ ਕੇ ਹੱਲ ਕਰਨ ਲਈ ਗੱਲਬਾਤ ਕਰਨ ਦੇ ਨਿਰਦੇਸ਼ ਦਿੱਤੇ ਹਨ।

ਜਿਕਰਯੋਗ ਹੈ ਕਿ ਸਤਲੁਜ-ਯਮੁਨਾ ਲਿੰਕ ਨਹਿਰ ਨੂੰ ਲੈ ਕੇ ਪੰਜਾਬ ਅਤੇ ਹਰਿਆਣਾ ਵਿਚਾਲੇ ਪਿਛਲੇ 44 ਸਾਲਾਂ ਤੋਂ ਵਿਵਾਦ ਚੱਲ ਰਿਹਾ ਹੈ ਪਰ ਹੁਣ ਤੱਕ ਇਸ ਦਾ ਕੋਈ ਨਤੀਜਾ ਨਹੀਂ ਨਿਕਲਿਆ ਹੈ। ਬੀਤੇ 2 ਸਾਲ ਤੋਂ ਵੱਧ ਸਮੇਂ ਬਾਅਦ ਇਸ ਮਾਮਲੇ ਦੀ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਇਸ ਤੋਂ ਪਹਿਲਾਂ ਜਸਟਿਸ ਅਰੁਣ ਮਿਸ਼ਰਾ, ਜੋ ਹੁਣ ਸੇਵਾਮੁਕਤ ਹੋ ਚੁੱਕੇ ਹਨ, ਦੀ ਅਗਵਾਈ ਵਾਲੇ ਬੈਂਚ ਵੱਲੋਂ ਆਖਰੀ ਵਾਰ ਸੁਣਵਾਈ ਕੀਤੀ ਗਈ। ਅਦਾਲਤ ਅੰਦਰ ਜਸਟਿਸ ਸੰਜੇ ਕਿਸ਼ਨ ਕੌਲ ਅਤੇ ਜਸਟਿਸ ਅਭੈ ਐਸ ਓਕਾ ਦੀ ਬੈਂਚ ਨੇ ਇਸ ਮਾਮਲੇ ਦੀ ਸੁਣਵਾਈ ਕੀਤੀ।

