ਗੰਗਾਨਗਰ ਵਿਚ ਸਿੱਖ ਵਿਰੋਧੀ ਤਾਕਤਾਂ ਬੰਦੀ ਸਿੰਘ ਰਿਹਾਈ ਮਾਰਚ ਰੁਕਵਾਣ ਲਈ ਹੋਈਆਂ ਪੱਬੇਭਾਰ

ਅਕਾਲ ਤਖਤ ਸਾਹਿਬ ਦੇ ਆਦੇਸ਼ ਤੇ 12 ਸਤੰਬਰ ਨੂੰ ਦੇਸ਼ ਵਿਦੇਸ਼ਾਂ ਵਿਚ ਬੰਦੀ ਸਿੰਘਾਂ ਦੀ ਰਿਹਾਈ ਲਈ ਹੋਣਾ ਹੈ ਪ੍ਰਦਰਸ਼ਨ
ਨਵੀਂ ਦਿੱਲੀ (ਮਨਪ੍ਰੀਤ ਸਿੰਘ ਖਾਲਸਾ):-ਸ੍ਰੀ ਅਕਾਲ ਤਖ਼ਤ ਸਾਹਿਬ ਜੀ ਦੇ ਹੁਕਮਾਂ ‘ਤੇ ਨਜ਼ਰਬੰਦ ਸਿੰਘਾਂ ਦੀ ਰਿਹਾਈ ਲਈ ਜਿੱਥੇ 12 ਤਰੀਕ ਨੂੰ ਦੁਨੀਆ ਭਰ ‘ਚ ਰੋਸ ਮਾਰਚ ਕੱਢੇ ਜਾ ਰਹੇ ਹਨ, ਉੱਥੇ ਹੀ ਸਿੱਖ ਵਿਰੋਧੀ ਤਾਕਤਾਂ ਇਸ ਰੋਸ ਮਾਰਚ ਨੂੰ ਰੋਕਣ ਲਈ ਸਰਗਰਮ ਹੋ ਗਈਆਂ ਹਨ । ਸਾਧੂ ਬ੍ਰਹਮਦੇਵ ਦੇ ਨਾਲ ਸਿੱਖ ਵਿਰੋਧੀ ਤਾਕਤਾਂ ਨੇ ਰਾਜਸਥਾਨ ਪੁਲਿਸ ਮੁੱਖੀ ਅਤੇ ਜਿਲ੍ਹਾ ਕਲੈਕਟਰ ਨੂੰ ਇਕ ਮੰਗ ਪੱਤਰ ਸੌਂਪਿਆ ਗਿਆ ਹੈ ਕਿ ਬੰਦੀ ਸਿੰਘਾਂ ਦੀ ਰਿਹਾਈ ਲਈ ਕੱਢੇ ਜਾ ਰਹੇ ਰੋਸ ਮਾਰਚ ‘ਤੇ ਪਾਬੰਦੀ ਲਗਾਈ ਜਾਵੇ ਨਹੀਂ ਤਾਂ ਰਾਜ ਅੰਦਰ ਦੰਗੇ ਹੋ ਜਾਣਗੇ। ਇਸ ਮਾਰਚ ਦੇ ਆਯੋਜਕਾਂ ਨੂੰ ਗ੍ਰਿਫਤਾਰ ਕਰ ਜੇਲ੍ਹ ਡੱਕਿਆ ਜਾਏ ।

ਇਸ ਬਾਰੇ ਜਾਣਕਾਰੀ ਦਿੰਦੇ ਹੋਏ ਬੀਬੀ ਹਰਮੀਤ ਕੌਰ ਖਾਲਸਾ ਮੁੱਖ ਸੇਵਾਦਾਰ ਗੁਰਦੁਆਰਾ ਮਹਿਤਾਬਗੜ੍ਹ ਸਾਹਿਬ ਗੋਲੂਵਾਲਾ ਮੰਡੀ ਨੇ ਦੱਸਿਆ ਕਿ ਆਜਾਦੀ ਲਈ 80 ਫੀਸਦੀ ਤੋਂ ਵੱਧ ਕੁਰਬਾਨੀਆਂ ਦੇਣ ਵਾਲੇ ਸਿੱਖਾਂ ਨਾਲ ਬੇਗਾਨਿਆਂ ਵਾਲਾ ਵਿਹਾਰ ਕੀਤਾ ਜਾ ਰਿਹਾ ਹੈ। ਇਸ ਦੀ ਇਕ ਮਿਸਾਲ ਤਿੰਨ ਦਹਾਕਿਆਂ ਤੋਂ ਹਿੰਦੁਸਤਾਨ ਦੀਆਂ ਵੱਖ-ਵੱਖ ਜੇਲ੍ਹਾਂ ਵਿਚ ਬੰਦ ਸਿੱਖ ਹਨ, ਜਿਨ੍ਹਾਂ ਨੂੰ ਸਜਾਵਾਂ ਪੂਰੀਆਂ ਹੋਣ ਤੋਂ ਬਾਅਦ ਵੀ ਰਿਹਾਅ ਨਹੀਂ ਕੀਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਜਸਥਾਨ ਦੀ ਸਿੱਖ ਸੰਗਤ ਵੱਲੋਂ 12 ਸਤੰਬਰ ਨੂੰ ਸਵੇਰੇ 9:30 ਵਜੇ ਗੁਰਦੁਆਰਾ ਸਾਹਿਬ ਧੰਨ ਧੰਨ ਬਾਬਾ ਦੀਪ ਸਿੰਘ ਜੀ ਸ਼ਹੀਦ ਪਦਮਪੁਰ ਰੋਡ ਗੰਗਾਨਗਰ ਤੋਂ ਕਾਲੇ ਕੱਪੜੇ ਪਹਿਨ ਕੇ ਤੇ ਹੱਥਾਂ ਪੈਰਾਂ ਵਿੱਚ ਬੇੜੀਆਂ ਪਾ ਕੇ ਰੋਸ ਮਾਰਚ ਸ਼ੁਰੂ ਕੀਤਾ ਜਾਵੇਗਾ।

