ਯੂਥ ਅਕਾਲੀ ਦਲ ਸ਼ਹਿਰੀ ਪ੍ਰਧਾਨ ਨੇ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਚਲਾਣੇ ’ਤੇ ਦੁੱਖ ਪ੍ਰਗਟਾਇਆ

ਜਲੰਧਰ 10 ਸਤੰਬਰ
ਯੂਥ ਅਕਾਲੀ ਦਲ ਦੇ ਪ੍ਰਧਾਨ ਸੁਖਮਿੰਦਰ ਸਿੰਘ ਰਾਜਪਾਲ ਨੇ ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਜਥੇਦਾਰ ਅਵਤਾਰ ਸਿੰਘ ਹਿੱਤ ਦੇ ਅਕਾਲ ਚਲਾਣੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਜਥੇਦਾਰ ਹਿੱਤ ਨੇ ਆਪਣੇ ਜੀਵਨ ਅੰਦਰ ਹਮੇਸ਼ਾ ਪੰਥਕ ਸੋਚ ਨੂੰ ਬੁਲੰਦ ਰੱਖਿਆ ਅਤੇ ਸਿੱਖੀ ਪ੍ਰਚਾਰ ਦੇ ਨਾਲ-ਨਾਲ ਕੌਮੀ ਮਸਲਿਆਂ ਲਈ ਵੀ ਪਹਿਲਕਦਮੀ ਕੀਤੀ।
ਰਾਜਪਾਲ ਨੇ ਕਿਹਾ ਕਿ ਜਥੇਦਾਰ ਹਿੱਤ ਸਿੱਖ ਰਾਜਨੀਤੀ ਦੇ ਉੱਘੇ ਹਸਤਾਖਰ ਸਨ, ਜਿਨ੍ਹਾਂ ਵੱਲੋਂ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਤਖ਼ਤ ਸ੍ਰੀ ਪਟਨਾ ਸਾਹਿਬ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਵਜੋਂ ਨਿਭਾਈਆਂ ਸ਼ਾਨਦਾਰ ਸੇਵਾਵਾਂ ਹਮੇਸ਼ਾ ਯਾਦ ਰੱਖੀਆਂ ਜਾਣਗੀਆਂ। ਯੂਥ ਅਕਾਲੀ ਦਲ ਦੇ ਪ੍ਰਧਾਨ ਨੇ ਕਿਹਾ ਕਿ ਜਥੇਦਾਰ ਹਿੱਤ ਦੀ ਘਾਟ ਪੰਥਕ ਸਫਾਂ ਅੰਦਰ ਹਮੇਸ਼ਾ ਰੜਕਦੀ ਰਹੇਗੀ। ਉਨ੍ਹਾਂ ਜਥੇਦਾਰ ਹਿੱਤ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਵਿਛੜੀ ਰੂਹ ਨੂੰ ਸ਼ਰਧਾਂਜਲੀ ਭੇਟ ਕੀਤੀ।


